ਗੈਰ-ਕਾਨੂੰਨੀ ਹਥਿਆਰਾਂ ਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਸ਼ਿਕੰਜਾ ਕਸੇਗੀ ਪੰਜਾਬ ਪੁਲਿਸ
ਅੰਮ੍ਰਿਤਸਰ (ਰਵਿੰਦਰ ਕੌਰ )-ਪੰਜਾਬ ਪੁਲਸ ਨੇ ਸੂਬੇ ’ਚ ਗੈਰ-ਕਾਨੂੰਨੀ ਹਥਿਆਰ ਅਤੇ ਭੜਕਾਊ ਭਾਸ਼ਣਾਂ ਦੇਣ ਵਾਲਿਆਂ ਵਿਰੁੱਧ ਤੁਰੰਤ ਐੱਫ਼. ਆਈ. ਆਰ. ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਾਰਨ ਦਾ ਨਿਰਦੇਸ਼ ਦਿੱਤਾ ਹੈ। ਭੜਕਾਊ ਭਾਸ਼ਣਾਂ ਨਾਲ ਸੂਬੇ ’ਚ ਭਾਈਚਾਰਿਆਂ ਦਰਮਿਆਨ ਆਪਸੀ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਇਸੈਂਸੀ ਹਥਿਆਰਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਹਥਿਆਰਾਂ ਦਾ ਲਾਇਸੈਂਸ ਲੈਣ ਵਾਲੇ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਫਰਜ਼ੀ ਰਿਹਾਇਸ਼ੀ ਪਤਿਆਂ ’ਤੇ ਬਣਾਏ ਗਏ ਹਥਿਆਰਾਂ ਦੇ ਲਾਇਸੈਂਸਾਂ ਨੂੰ ਤੁਰੰਤ ਰੱਦ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਫਰਜ਼ੀ ਰਿਹਾਇਸ਼ੀ ਪਤਿਆਂ ’ਤੇ ਜੇਕਰ ਹਥਿਆਰਾਂ ਦੇ ਲਾਇਸੈਂਸ ਪਿਛਲੇ ਸਮੇਂ ’ਚ ਜਾਰੀ ਕੀਤੇ ਹੋਏ ਹਨ ਤਾਂ ਉਸ ਦੀ ਵੀ ਜਾਂਚ ਹੋਵੇਗੀ।
ਡੀ. ਜੀ. ਪੀ.ਗੌਰਵ ਯਾਦਵ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਪੁਲਸ ਨੇ ਵੀ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸੋਸ਼ਲ ਮੀਡੀਆ ਜਾਂ ਗੀਤਾਂ ’ਚ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸ਼ਾਂਤੀ ਬਣਾਈ ਰੱਖਣ ਦੇ ਉਦੇਸ਼ ਨਾਲ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਵਿਸ਼ੇਸ਼ ਮੁਹਿੰਮ ਨੂੰ ਸ਼ੁਰੂ ਕਰਨ ਦੇ ਸਬੰਧ ’ਚ ਸਾਰੇ ਜ਼ਿਲਿਆਂ ਦੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।