ਅੱਜ ਤੋਂ ਹੋਵੇਗੀ FIR, ਡੀ ਜੀ ਪੀ ਗੌਰਵ ਯਾਦਵ
ਅੰਮ੍ਰਿਤਸਰ (ਰਵਿੰਦਰ) : ਪੰਜਾਬ ’ਚ ਸ਼ੋਸ਼ਲ ਮੀਡੀਆ ’ਤੇ ਗੰਨ ਕਲਚਰ ਵਾਲੀਆਂ ਤਸਵੀਰਾਂ ਹਟਾਉਣ ਦੀ ਪੰਜਾਬ ਪੁਲਸ ਵੱਲੋਂ ਲੋਕਾਂ ਨੂੰ ਦਿੱਤੀ ਗਈ ਮੋਹਲਤ ਅੱਜ ਖ਼ਤਮ ਹੋ ਗਈ ਹੈ। ਇਸ ਲਈ ਪੰਜਾਬ ਪੁਲਸ ਵੱਲੋਂ ਮੰਗਲਵਾਰ ਤੋਂ ਤਸਵੀਰਾਂ ਨਾ ਹਟਾਉਣ ਵਾਲੇ ਲੋਕਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ। ਡੀ. ਜੀ. ਪੀ. ਨੇ ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਹ ’ਤੇ ਚੁੱਕਿਆ ਸੀ, ਜਿਨ੍ਹਾਂ ਕਿਹਾ ਸੀ ਕਿ ਸੋਸ਼ਲ ਮੀਡੀਆ ’ਤੇ ਜੇਕਰ ਲੋਕਾਂ ਨੇ ਹਥਿਆਰਾਂ ਵਾਲੀਆਂ ਆਪਣੀਆਂ ਤਸਵੀਰਾਂ ਪਾਈਆਂ ਹਨ ਤਾਂ ਉਨ੍ਹਾਂ ਨੂੰ ਹਟਾਉਣ ਲਈ ਕੁੱਝ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਸਾਈਟਾਂ ਤੋਂ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਾਰੀਆਂ ਚੀਜ਼ਾਂ ਨੂੰ ਹਟਾਉਣ ਲਈ ਕਿਹਾ ਹੈ ਅਤੇ ਇਸ ਲਈ ਪੰਜਾਬ ਪੁਲਸ ਨੇ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।
ਜਾਣਕਾਰੀ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸੋਸ਼ਲ ਮੀਡੀਆ ਤੋਂ ਹਥਿਆਰਾਂ ਦੀਆਂ ਤਸਵੀਰਾਂ ਨਾ ਹਟਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀ. ਜੀ. ਪੀ. ਗੌਰਵ ਯਾਦਵ ਨੇ ਪੰਜਾਬ ਪੁਲਸ ਦੀ ਇਕ ਵਿਸ਼ੇਸ਼ ਟੀਮ ਨਿਯੁਕਤ ਕੀਤੀ ਹੈ, ਜੋ ਮੰਗਲਵਾਰ ਤੋਂ ਸੋਸ਼ਲ ਮੀਡੀਆ ’ਤੇ ਸਰਗਰਮ ਰਹੇਗੀ ਅਤੇ ਦੇਖੇਗੀ ਕਿ ਅਜੇ ਵੀ ਕਿਸ-ਕਿਸ ਦੀਆਂ ਸੋਸ਼ਲ ਮੀਡੀਆ ਸਾਈਟਾਂ ’ਤੇ ਪੁਰਾਣੀਆਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ ਦੇ ਆਧਾਰ ’ਤੇ ਹੁਣ ਕੱਲ੍ਹ ਤੋਂ ਹੀ ਐੱਫ. ਆਈ. ਆਰ. ਦਰਜ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਡੀ. ਜੀ. ਪੀ. ਗੌਰਵ ਯਾਦਵ ਨੇ ਦੁਹਰਾਇਆ ਕਿ ਪੰਜਾਬ ’ਚ ਸ਼ਾਂਤੀ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।