ਕੇਂਦਰ ਨੇ, ਮਾਨ ਸਰਕਾਰ ਨੂੰ ਦਿੱਤਾ ਵੱਡਾ ਝਟਕਾ
ਅੰਮ੍ਰਿਤਸਰ (ਰਵਿੰਦਰ) : ਪੰਜਾਬ ਦੀ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਕੇਂਦਰ ਨੇ ਸੂਬੇ ਨੂੰ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਪੰਜਾਬ ਸਰਕਾਰ ਨੂੰ ਉਮੀਦ ਸੀ ਕਿ ਕੇਂਦਰ ਵੱਲੋਂ ਸੂਬੇ ਨੂੰ 2880 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਮੁਹੱਈਆ ਕਰਵਾ ਦਿੱਤੇ ਜਾਣਗੇ ਪਰ ਕੇਂਦਰ ਨੇ ਪੰਜਾਬ ਸਰਕਾਰ ਦੀਆਂ ਆਸਾਂ ‘ਤੇ ਪਾਣੀ ਫੇਰ ਦਿੱਤਾ ਹੈ।
ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਮੁੱਖ ਮੰਤਰੀ ਪੰਜਾਬ ਨੇ 23 ਜੁਲਾਈ ਅਤੇ 19 ਅਕਤੂਬਰ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਇਕ ਪੱਤਰ ਲਿਖਿਆ ਸੀ, ਜਿਸ ‘ਚ ਸੂਬੇ ਦਾ ਪੇਂਡੂ ਵਿਕਾਸ ਫੰਡ ਜਾਰੀ ਕਰਨ ਅਪੀਲ ਕੀਤੀ ਸੀ। ਕੇਂਦਰੀ ਮੰਤਰੀ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ ਵਿਭਾਗੀ ਨਿਯਮਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀ ਵੱਲੋਂ ਪੰਜਾਬ ਨੂੰ ਸਟੈਚੁਰੀ ਚਾਰਜਿਜ਼ ਘਟਾਉਣ ਦੀ ਵੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੇ ਵਿਤਕਰੇ ਖ਼ਿਲਾਫ਼ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਸ਼ਰਤ ਤਹਿਤ ਸੂਬਾ ਸਰਕਾਰ ਨੇ ਦਿਹਾਤੀ ਵਿਕਾਸ ਐਕਟ ‘ਚ ਸੋਧ ਵੀ ਕਰ ਦਿੱਤੀ ਸੀ ਅਤੇ ਹੁਣ ਇਸ ਆਨਾਕਾਨੀ ਕਰਨ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਖੇਤੀ ਦੇ ਢਾਂਚੇ ਨੂੰ ਤਬਾਹ ਕਰਨਾ ਚਾਹੁੰਦੀ ਹੈ।