ਮਾਨਸਿਕ ਰੋਗੀਆਂ ਦੇ MR ਹੋਮਜ਼ ਲਈ ਜਾਰੀ ਕੀਤੇ 267 ਲੱਖ ਰੁਪਏ
ਅੰਮ੍ਰਿਤਸਰ (ਰਵਿੰਦਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮਾਨਸਿਕ ਰੋਗੀਆਂ ਲਈ ਲੁਧਿਆਣਾ, ਰਾਜਪੁਰਾ, ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ ਚੱਲ ਰਹੇ ਐੱਮ. ਆਰ. ਹੋਮਜ਼ ਦੇ ਸੁਧਾਰ ਲਈ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ‘ਚ ਮਾਨਸਿਕ ਰੋਗੀਆਂ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖਦਿਆਂ ਲੁਧਿਆਣਾ, ਰਾਜਪੁਰਾ, ਕਪੂਰਥਲਾ, ਅੰਮ੍ਰਿਤਸਰ ਮਾਨਸਿਕ ਰੋਗੀ ਘਰਾਂ ‘ਚ ਸੁਧਾਰ ਕਰਨ ਲਈ ਤੇਜ਼ੀ ਲਿਆਂਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ‘ਚ ਚੱਲ ਰਹੇ ਮਾਨਸਿਕ ਰੋਗੀਆਂ ਲਈ 04 ਐੱਮ. ਆਰ. ਹੋਮਜ਼ ਦੀ ਅਪਡੇਸ਼ਨ ਕੀਤੀ ਜਾ ਰਹੀ ਹੈ, ਜਿਸ ‘ਤੇ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ‘ਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣਾ ਯਕੀਨੀ ਬਣਾਇਆ ਜਾਵੇ।