November 25, 2024

ਗਰੀਬਾਂ ਨੂੰ 5-5 ਮਰਲੇ ਦੇ ਪਲਾਟਾਂ ਨੂੰ ਲੈ ਕੇ ਵੱਡੀ ਖ਼ਬਰ

ਅੰਮ੍ਰਿਤਸਰ (ਰਵਿੰਦਰ) : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਕਈ ਸਾਲਾਂ ’ਚ ਸਰਕਾਰਾਂ ਵਲੋਂ ਗਰੀਬਾਂ ਨੂੰ ਅਲਾਟ ਕੀਤੇ ਗਏ 5-5 ਮਰਲੇ ਦੇ ਪਲਾਟਾਂ ਨੂੰ ਲੈ ਕੇ ਸਾਰੀ ਜਾਣਕਾਰੀ ਤਲਬ ਕਰ ਲਈ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਇਕ ਲਿਖਤੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ ਜੋ ਸੂਬੇ ਦੇ ਸਮੂਹ ਵਧੀਕ ਜ਼ਿਲ੍ਹਾ ਮੈਜਿਸਟ੍ਰੇਟਾਂ (ਵਿਕਾਸ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਬਲਾਕ ਪੰਚਾਇਤ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਬੇਘਰੇ ਅਤੇ ਬੇਜ਼ਮੀਨੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਸਬੰਧੀ ਸਾਰੀ ਜਾਣਕਾਰੀ ਗੂਗਲ ਸ਼ੀਟ ’ਤੇ ਭਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਬਕਾ ਅਕਾਲੀ ਅਤੇ ਕਾਂਗਰਸ ਸਰਕਾਰਾਂ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦਾ ਵਾਅਦਾ ਕਰ ਕੇ ਵੋਟਾਂ ਲੈ ਰਹੀਆਂ ਹਨ ਪਰ ਇਨ੍ਹਾਂ ਲੋਕਾਂ ਨੂੰ ਹਕੀਕਤ ’ਚ ਪਲਾਟਾਂ ਦੀ ਅਲਾਟਮੈਂਟ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਅਸਲ ’ਚ ਪਲਾਟ ਲੋੜਵੰਦਾਂ ਨੂੰ ਅਲਾਟ ਕੀਤੇ ਗਏ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਬੇਘਰੇ ਪਰਿਵਾਰਾਂ ਨੂੰ ਹੁਣ ਤੱਕ ਅਲਾਟ ਕੀਤੇ ਗਏ 5-5 ਮਰਲੇ ਦੇ ਪਲਾਟਾਂ ਦੀ ਸਾਰੀ ਜਾਣਕਾਰੀ 20 ਦਸੰਬਰ 2022 ਤੱਕ ਮੁਕੰਮਲ ਕਰ ਕੇ ਭੇਜੀ ਜਾਣੀ ਹੈ। ਉਨ੍ਹਾਂ ਕਿਹਾ ਕਿ ਜੋ ਅਧਿਕਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਉਸ ਦੇ ਖ਼ਿਲਾਫ਼ ਸਰਕਾਰ ਵਲੋਂ ਕਾਰਵਾਈ ਕੀਤੀ ਜਾ ਸਕਦੀ ਹੈ।

 

Leave a Reply

Your email address will not be published. Required fields are marked *