November 25, 2024

ਬਿਜਲੀ, ਥਰਮਲ ਪਲਾਂਟਾਂ ਨੂੰ ਹੋਰ ਮਜ਼ਬੂਤ ਬਣਾਵਾਂਗੇ: ਭਗਵੰਤ ਮਾਨ

ਅੰਮ੍ਰਿਤਸਰ (ਰਵਿੰਦਰ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਲਾਂ ਬਾਅਦ ਸੂਬੇ ’ਚ ਸਰਕਾਰੀ ਥਰਮਲ ਪਲਾਂਟਾਂ ਤੋਂ ਬਿਜਲੀ ਉਤਪਾਦਨ ’ਚ ਵਾਧਾ ਹੋਇਆ ਹੈ ਅਤੇ ਪੰਜਾਬ ’ਚ ਪਹਿਲੀ ਵਾਰ ਖੇਤੀਬਾੜੀ ਖੇਤਰ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਮਿਲਦੀ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਨੀਅਤ ਸੱਚੀ ਹੋਵੇ ਤਾਂ ਸਾਰੇ ਕੰਮ ਆਪਣੇ-ਆਪ ਪੂਰੇ ਹੋਣੇ ਸ਼ੁਰੂ ਹੋ ਜਾਂਦੇ ਹਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਨੀਅਤ ਬਹੁਤ ਸਾਫ਼ ਹੈ ਅਤੇ ਉਹ ਕੁਝ ਕਰਨਾ ਚਾਹੁੰਦੀ ਹੈ ਜਦਕਿ ਪਿਛਲੀਆਂ ਸਰਕਾਰਾਂ ਦੀ ਨੀਅਤ ’ਚ ਹਮੇਸ਼ਾ ਨੁਕਸ ਨਿਕਲਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਬਿਜਲੀ ਪਲਾਂਟ ਪੰਜਾਬ ਦੀ ਵਿਰਾਸਤ ਹਨ ਅਤੇ ਇਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਹੋਰ ਮਜ਼ਬੂਤ ​ਬਣਾਇਆ ਜਾਵੇਗਾ ਅਤੇ ਇਨ੍ਹਾਂ ਦੀ ਸਮਰੱਥਾ ’ਚ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲਾਂ ਬਾਅਦ ਪੰਜਾਬ ਇਕ ਵਾਰ ਫਿਰ ਬਿਜਲੀ ਦੇ ਖੇਤਰ ’ਚ ਅੱਗੇ ਵੱਧਦਾ ਨਜ਼ਰ ਆ ਰਿਹਾ ਹੈ, ਜਿਸ ਦਾ ਆਉਣ ਵਾਲੇ ਸਮੇਂ ’ਚ ਉਦਯੋਗ ਨੂੰ ਬਹੁਤ ਲਾਭ ਹੋਵੇਗਾ। ਮੁੱਖ ਮੰਤਰੀ ਨੇ ਆਪਣੇ ਟਵੀਟ ’ਚ ਲਿਖਿਆ ਕਿ ਅਗਲੇ ਸਾਲ ਤੱਕ ਸਰਕਾਰੀ ਬਿਜਲੀ ਘਰਾਂ ਦੀ ਸਮਰੱਥਾ ਹੋਰ ਵੱਧ ਜਾਵੇਗੀ ਅਤੇ ਉਨ੍ਹਾਂ ਥਰਮਲ ਪਲਾਂਟਾਂ ਤੋਂ ਸੂਬੇ ’ਚ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ ਅਤੇ ਇਸ ਮਕਸਦ ਲਈ ਤਾਪ ਬਿਜਲੀ ਘਰਾਂ ਨੂੰ ਮਹੱਤਵ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਅੰਕੜੇ ਅਨੁਸਾਰ ਇਸ ਵਾਰ ਸਰਕਾਰੀ ਥਰਮਲ ਪਲਾਂਟਾਂ ਤੋਂ ਬਿਜਲੀ ਉਤਪਾਦਨ ’ਚ 83 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

 

Leave a Reply

Your email address will not be published. Required fields are marked *