ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ, ਵੱਖ-ਵੱਖ ਮੁੱਦਿਆਂ
ਅੰਮ੍ਰਿਤਸਰ (ਰਵਿੰਦਰ) – ਸੰਸਦ ’ਚ ਬੁੱਧਵਾਰ ਯਾਨੀ ਕਿ ਅੱਜ ਤੋਂ ਸਰੱਦ ਰੁੱਤ ਸੈਸ਼ਨ ਸ਼ੁਰੂ ਹੋ ਰਿਹਾ ਹੈ। ਸੈਸ਼ਨ ’ਚ ਵਿਰੋਧੀ ਧਿਰ ਮਹਿੰਗਾਈ, ਸਰਕਾਰੀ ਏਜੰਸੀਆਂ ਦੀ ਦੁਰਵਰਤੋਂ, ਭਾਰਤ-ਚੀਨ ਸਰਹੱਦ ਸਮੇਤ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਯੋਜਨਾ ਹੈ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਇਕ ਦਿਨ ਪਹਿਲਾਂ ਸੈਸ਼ਨ ਸ਼ੁਰੂ ਹੋ ਰਿਹਾ ਹੈ।
ਇਹ ਸਰਦ ਰੁੱਤ ਸੈਸ਼ਨ 29 ਦਸੰਬਰ ਤੱਕ ਚੱਲੇਗਾ। 23 ਦਿਨਾਂ ਵਿਚ ਕੁੱਲ 17 ਮੀਟਿੰਗਾਂ ਹੋਣਗੀਆਂ। ਸਰਕਾਰ ਇਸ ਸੈਸ਼ਨ ’ਚ 16 ਨਵੇਂ ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ ਅਤੇ ਸਦਨ ’ਚ ਪੈਂਡਿੰਗ 8 ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਵਿਰੋਧੀ ਧਿਰ ਨੇ 23 ਦਿਨਾਂ ਦੇ ਸੈਸ਼ਨ ਲਈ ਢੁੱਕਵਾਂ ਸਮਾਂ ਦੇਣ ਦੀ ਮੰਗ ਕੀਤੀ ਹੈ। ਸਰਕਾਰ ਦੀ ਵੱਲੋਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਭਰੋਸਾ ਦਿੱਤਾ ਕਿ ਸਰਕਾਰ ਹਰ ਮੁੱਦੇ ‘ਤੇ ਚਰਚਾ ਲਈ ਤਿਆਰ ਹੈ ਅਤੇ ਸੰਸਦੀ ਮਰਿਆਦਾ ਅਤੇ ਅਨੁਸ਼ਾਸਨ ਨਾਲ ਚਰਚਾ ਹੋਣੀ ਚਾਹੀਦੀ ਹੈ।
ਕਾਂਗਰਸ ਨੇ ਮਹਿੰਗਾਈ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਰਕਾਰ ਨੂੰ ਹਿੰਦੂਆਂ ਅਤੇ ਮੁਸਲਮਾਨਾਂ ਦੇ ਤਿਉਹਾਰਾਂ ਦੇ ਨਾਲ-ਨਾਲ ਈਸਾਈਆਂ ਦੇ ਤਿਉਹਾਰਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਸੀ ਅਤੇ ਸੰਸਦ ਸੈਸ਼ਨ ਦੀ ਤਰੀਕ ਨਿਸ਼ਚਿਤ ਕਰਦੇ ਸਮੇਂ ਕ੍ਰਿਸਮਸ ਦੇ ਤਿਉਹਾਰ ਦਾ ਵੀ ਧਿਆਨ ਰੱਖਣਾ ਚਾਹੀਦਾ ਸੀ।