ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ (ਰਵਿੰਦਰ) – ਭਵਾਨੀਗੜ੍ਹ ਨੇੜਲੇ ਪਿੰਡ ਝਨੇੜੀ ਵਿਖੇ ਕਰਜ਼ੇ ਦੇ ਦੈਂਤ ਨੇ ਇਕ ਹੋਰ ਕਿਸਾਨ ਨੂੰ ਆਪਣੇ ਕਲਾਵੇ ’ਚ ਲੈ ਲਿਆ। 45 ਸਾਲਾ ਕਿਸਾਨ ਰੋਹੀ ਰਾਮ ਪੁੱਤਰ ਹਰਨੇਕ ਰਾਮ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਗਲ ਫਾਹਾ ਲੈ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਪਿੰਡ ਇਕਾਈ ਝਨੇੜੀ ਦੇ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦੇ ਮੈਂਬਰ ਰੋਹੀ ਰਾਮ ਦੇ ਸਿਰ ਕਰੀਬ 8 ਲੱਖ ਰੁਪਏ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਾ ਸੀ ਜਿਸ ਦੇ ਚੱਲਦਿਆਂ ਉਹ ਪਿਛਲੇ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ।
ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸਨੇ ਲੰਘੀਂ ਰਾਤ ਗਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਆਪਣੇ ਪਰਿਵਾਰ ਵਿਚ ਪਿੱਛੇ ਦੋ ਬੇਟੀਆਂ ਅਤੇ ਇਕ ਬੇਟਾ ਛੱਡ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਸਮੇਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।