November 25, 2024

ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂ 6 ਸੂਤਰੀ ਮੰਗਾਂ ਦਾ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ (ਰਵਿੰਦਰ)- ਪੰਜਾਬ ਅਤੇ ਹਰਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਇਕ ਵਾਰ ਫਿਰ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨਾਂ ਨੇ ਨਾ ਸਿਰਫ਼ ਮਹਾਪੰਚਾਇਤ ਕਰ ਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਸਗੋਂ ਰਾਸ਼ਟਰਪਤੀ ਦੇ ਨਾਂ ਦਿੱਤੇ ਮੰਗ ਪੱਤਰ ’ਚ 6 ਮੰਗਾਂ ਵੀ ਪੇਸ਼ ਕੀਤੀਆਂ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਇਕ ਵਾਰ ਫਿਰ ਤੋਂ ਵੱਡਾ ਅੰਦੋਲਨ ਵਿੱਢਣਗੇ। ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ 2024 ਦੀਆਂ ਚੋਣਾਂ ਤੋਂ ਪਹਿਲਾਂ ਬਹੁਤ ਕੁਝ ਹੋ ਸਕਦਾ ਹੈ। ਮਹਾਪੰਚਾਇਤ ਵਿਚ ਪਹੁੰਚੇ ਹਜ਼ਾਰਾਂ ਕਿਸਾਨਾਂ ਨੇ ਪਹਿਲਾਂ ਪਿਛਲੇ ਸਾਲ ਦੇ ਅੰਦੋਲਨ ’ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਫਿਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਕਿਸਾਨਾਂ ਨੇ ਅੰਦੋਲਨ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।

ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਸਵਾਮੀਨਾਥਨ ਕਮਿਸ਼ਨ ਦੇ ਸੀ-2 ਪਲੱਸ 50 ਫੀਸਦੀ ਫਾਰਮੂਲੇ ਅਨੁਸਾਰ ਐੱਮ. ਐੱਸ. ਪੀ. ਬਾਰੇ ਕਿਸਾਨਾਂ ਨੂੰ ਗਾਰੰਟੀ ਦੇਣ ਲਈ ਕਾਨੂੰਨ ਬਣਾਉਣਾ, ਕਿਸਾਨਾਂ ਨੂੰ ਪੂਰੀ ਤਰ੍ਹਾਂ ਕਰਜ਼ਾ ਮੁਕਤ ਕਰਨਾ, 2013 ਦੇ ਭੂਮੀ ਗ੍ਰਹਿਣ ਕਾਨੂੰਨ ਅਨੁਸਾਰ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਸਮੇਂ ਕੁਲੈਕਟਰ ਰੇਟ ਤੋਂ 4 ਗੁਣਾ ਵੱਧ ਮੁਆਵਜ਼ਾ ਦੇਣਾ, ਕਿਸਾਨਾਂ ਤੋਂ ਮੁਸ਼ਤਰਕਾ ਮਲਿਕਾਂ ਅਤੇ ਸ਼ਾਮਲਾਟ ਜ਼ਮੀਨਾਂ ਨਾ ਖੋਹਣਾ ਅਤੇ ਹਰਿਆਣਾ ਦੇ ਨਵੇਂ ਭੂਮੀ ਗ੍ਰਹਿਣ ਕਾਨੂੰਨ ਨੂੰ ਰੱਦ ਕਰਨਾ ਸ਼ਾਮਲ ਹਨ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ, ਗ੍ਰਹਿ ਰਾਜ ਮੰਤਰੀ ਅਜੈ ਟੈਣੀ ਦੀ ਗ੍ਰਿਫ਼ਤਾਰੀ ਤੇ ਮੁਕਤ ਵਪਾਰ ਸਮਝੌਤਿਆਂ ’ਤੇ ਪਾਬੰਦੀ ਲਾਉਣ ਦੀ ਮੰਗ ਵੀ ਕੀਤੀ ਗਈ।

 

Leave a Reply

Your email address will not be published. Required fields are marked *