ਅੰਮ੍ਰਿਤਸਰ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਹੁਣ ਰਾਹਤ, CM Maan
ਅੰਮ੍ਰਿਤਸਰ (ਰਵਿੰਦਰ) : ਲੋਕਾਂ ਨੂੰ ਸਾਫ਼-ਸੁਥਰਾ ਤੇ ਰਹਿਣਯੋਗ ਮਾਹੌਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ ’ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ। ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ ਉਲੀਕਣ ਸਬੰਧੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਇੱਥੋਂ ਦੇ ਦਰਿਆਵਾਂ, ਨਦੀਆਂ ਅਤੇ ਮੌਸਮੀ ਨਾਲਿਆਂ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਸਮੇਂ ਦੀ ਲੋੜ ਹੈ।
ਡਾ. ਨਿੱਜਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਹਿਰੀਲੇ ਕੈਮੀਕਲ ਵਾਲੀ ਸਨਅਤੀ ਵੇਸਟ ਨੂੰ ਡਰੇਨ ’ਚ ਪੈਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਸਨਅਤਾਂ ਦੀ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਮੰਤਰੀ ਨੇ ਪੰਜਾਬ ਲਘੂ ਉਦਯੋਗ ਤੇ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ.) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਨਅਤਾਂ ਲਈ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਤੁਰੰਤ ਜ਼ਮੀਨ ਮੁਹੱਈਆ ਕਰਾਉਣ ਲਈ ਕਾਰਵਾਈ ਆਰੰਭੀ ਜਾਵੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਡੇਅਰੀਆਂ ਦੀ ਵੇਸਟ ਡਰੇਨ ਵਿਚ ਪੈਣ ਤੋਂ ਰੋਕਣ ਲਈ ਨਗਰ ਨਿਗਮ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਡੇਅਰੀਆਂ ਤੋਂ ਗੋਹਾ ਤੇ ਹੋਰ ਵੇਸਟ ਇਕੱਤਰ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।